ਵਿਦਿਆਰਥੀਆਂ ਨੂੰ ਲਿਆਉਣ-ਲਿਜਾਉਣ ਵਾਲੇ ਸਕੂਲੀ ਵਾਹਨਾਂ ਦੀ ਵਿਆਪਕ ਜਾਂਚ ਦੇ ਆਦੇਸ਼
* ਅਨਿਯਮਿਤਤਾ ਪਾਏ ਜਾਣ 'ਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
* ਅਣ-ਸੁਰੱਖਿਅਤ ਅਤੇ ਪੁਰਾਣੇ ਸਕੂਲੀ ਵਾਹਨਾਂ ਬਾਰੇ ਜਾਣਕਾਰੀ ਦੇਣ ਲਈ ਹੈਲਪ ਲਾਈਨ ਨੰਬਰ 01672-232304 ਜਾਰੀ
* ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐਸ.ਡੀ.ਐਮਜ਼, ਆਰ.ਟੀ.ਏ ਅਤੇ ਬਾਲ ਸੁਰੱਖਿਆ ਅਫ਼ਸਰ ਨੂੰ ਸਖ਼ਤ ਹਦਾਇਤਾਂ ਜਾਰੀ
ਸੰਗਰੂਰ, 16 ਫਰਵਰੀ (ਸਤਨਾਮ ਚੌਹਾਨ)
ਮੁੱਖ ਮੰਤਰੀ ਪੰਜਾਬ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸਬੰਧਤ ਡੀ.ਐਸ.ਪੀਜ਼ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ 'ਚ ਸਥਿਤ ਸਕੂਲਾਂ ਦੀਆਂ ਬੱਸਾਂ, ਵੈਨਾਂ ਸਮੇਤ ਵਿਦਿਆਰਥੀਆਂ ਦੀ ਟਰਾਂਸਪੋਰਟੇਸ਼ਨ ਲਈ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਕਿਸੇ ਵੀ ਕਿਸਮ ਦੀ ਪ੍ਰਬੰਧਕੀ ਅਣਗਹਿਲੀ ਜਾਂ ਘਾਟ ਸਾਹਮਣੇ ਆਉਣ 'ਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਸ੍ਰੀ ਥੋਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਆਰ.ਟੀ.ਏ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੂੰ ਨਿਯਮਤ ਤੌਰ 'ਤੇ ਸਕੂਲੀ ਵਾਹਨਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਮੁੜ ਕੋਈ ਵੀ ਦੁਖਾਂਤਕ ਘਟਨਾ ਨਾ ਵਾਪਰ ਸਕੇ।
ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜੇ ਕਿਸੇ ਵੀ ਪੇਂਡੂ ਜਾਂ ਸ਼ਹਿਰੀ ਖੇਤਰ ਵਿੱਚ ਕੋਈ ਪੁਰਾਣੀ ਸਕੂਲ ਬੱਸ ਜਾਂ ਅਣਸੁਰੱਖਿਅਤ ਸਕੂਲੀ ਵਾਹਨ ਨਜ਼ਰ ਆਉਂਦਾ ਹੈ ਤਾਂ ਤੁਰੰਤ ਇਸ ਸਬੰਧੀ ਸ਼ਿਕਾਇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 01672-232304 'ਤੇ ਦਰਜ ਕਰਵਾਈ ਜਾਵੇ।
Comments
Post a Comment