ਖੇਡਾਂ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ ਪੱਕੀ ਨੌਕਰੀ : ਮੀਤ ਹੇਅਰ

ਖੇਡਾਂ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ ਪੱਕੀ ਨੌਕਰੀ : ਮੀਤ ਹੇਅਰ 
- ਜਲਦ ਆਵੇਗੀ ਪੰਜਾਬ ਦੀ ਨਵੀਂ ਖੇਡ ਨੀਤੀ
- ਪੈਰਾ ਉਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵੀ ਦਿੱਤੀ ਜਾਵੇਗੀ ਨੌਕਰੀ ॥
- ਪੰਜਾਬ ਖੇਡ ਮੇਲਾ-2022 ਸਬੰਧੀ ਖੇਡਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੱਚਤ ਭਵਨ ਵਿਖੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਫ਼ਤਹਿਗੜ੍ਹ ਸਾਹਿਬ, 17 ਅਗਸਤ : 
 ਪੰਜਾਬ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲਿਆ ਰਹੀ ਹੈ ਜਿਸ ਅਨੁਸਾਰ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਖੇਡਾਂ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਪੱਕੀ ਨੌਕਰੀ ਦਿੱਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।  ਇਹ ਜਾਣਕਾਰੀ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ, ਉਚੇਰੀ ਸਿੱਖਿਆ, ਪ੍ਰਸ਼ਾਸ਼ਨਿਕ ਸੁਧਾਰ, ਪ੍ਰਿੰਟਿੰਗ ਐਂਡ ਸਟੇਸ਼ਨਰੀ, ਸਾਂਇੰਸ ਟੈਕਨਾਲੌਜੀ ਤੇ ਵਾਤਾਵਰਣ ਬਾਰੇ ਮੰਤਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਖੇਡ ਮੇਲਾ-2022 ਸਬੰਧੀ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਜਿ਼ਲ੍ਹੇ ਦੇ ਨਾਮਵਰ ਖਿਡਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।  ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਲਿਆਂਦੀ ਜਾਣ ਵਾਲੇ ਖੇਡ ਨੀਤੀ ਅਨੁਸਾਰ ਪੈਰਾ ਉਲੰਪਿਕ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
 ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਪੰਜਾਬ ਖੇਡ ਮੇਲਾ-2022 ਵਿੱਚ 14 ਸਾਲ ਦੀ ਉਮਰ ਤੋਂ ਲੈ ਕੇ 50 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਸਕਣਗੇ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਹਰੇਕ ਨਾਗਰਿਕ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਦੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਬੋਲਬਾਲਾ ਹੁੰਦਾ ਸੀ ਪ੍ਰੰਤੂ ਪਿਛਲੇ ਕੁਝ ਸਮਿਆਂ ਤੋਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਖੇਡਾਂ ਦੇ ਖੇਤਰ ਵਿੱਚ ਪੱਛੜ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਖੇਡਾਂ ਨੂੰ ਬੜਾਵਾ ਦੇਣ ਲਈ ਦਿਨ ਰਾਤ ਇੱਕ ਕਰਕੇ ਯਤਨ ਕਰ ਰਹੇ ਹਨ ਅਤੇ ਇਸ ਸਾਲ ਦੇ ਪੰਜਾਬ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ 56 ਫੀਸਦੀ ਦਾ ਵਾਧਾ ਹੋਇਆ ਹੇ। ਉਨ੍ਹਾਂ ਇਹ ਵੀ ਕਿਹਾ ਕਿ  ਪਿਛਲੀਆਂ ਸਰਕਾਰਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਨਾ ਕਰਕੇ ਨੌਜਵਾਨਾਂ ਦੇ ਮਨੋਬਲ ਨੂੰ ਤੋੜਿਆ ਹੈ ਪ੍ਰੰਤੂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।
 ਸ਼੍ਰੀ ਮੀਤ ਹੇਅਰ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਖੇਡ ਮੇਲੇ ਸਬੰਧੀ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜੋ ਪੰਜਾਬ ਅੰਦਰ ਖੇਡ ਸੱਭਿਆਚਾਰ ਨੂੰ ਬਹਾਲ ਕੀਤਾ ਜਾ ਸਕੇ।  ਉਨ੍ਹਾਂ ਕਿਹਾ ਕਿ ਪੰਜਾਬ ਖੇਡ ਮੇਲਾ-2022 ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਟੂਰਨਾਮੈਂਟ ਸਾਬਤ ਹੋਵੇਗਾ ਜੋ ਕਿ ਅੱਜ ਤੋਂ ਪਹਿਲਾਂ ਕਦੇ ਵੀ ਨਹੀਂ ਹੋਇਆ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਮਾਜਿਕ ਲਾਹਣਤਾਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸਾਹਤ ਕੀਤਾ ਜਾ ਰਿਹਾ ਹੈ ਕਿਉਂਕਿ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ ਜਿਨਾਂ ਨਾਲ ਜੁੜ ਕੇ ਨੌਜਵਾਨ ਨਸਿ਼ਆਂ ਵਰਗੀਆਂ ਲਾਹਣਤਾਂ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਖੇਡ ਮੇਲਾ-2022 ਦੀ ਰਜਿਸਟਰੇਸ਼ਨ ਵੈਬਸਾਈਟ www.punjabkhedmela2022.in Ó 
’ਤੇ ਆਨ ਲਾਇਨ ਕੀਤੀ ਜਾ ਸਕਦੀ ਹੈ ਅਤੇ ਆਫ ਲਾਇਨ ਰਜਿਸਟਰੇਸ਼ਨ ਲਈ ਜਿ਼ਲ੍ਹਾ ਖੇਡ ਅਫਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 
 ਮੀਟਿੰਗ ਵਿੱਚ ਖੇਡ ਮੰਤਰੀ ਨੇ ਹਾਕੀ ਦੇ ਅੰਤਰ ਰਾਸ਼ਟਰੀ ਖਿਡਾਰੀ ਹਰਜੋਤ ਸਿੰਘ, ਬਾਸਕਟਬਾਲ ਦੇ ਖਿਡਾਰੀ ਗੁਰਪ੍ਰੀਤ ਸਿੰਘ, ਫੈਨਸਿੰਗ ਦੀ ਖਿਡਾਰਨ ਕਰਨਪ੍ਰੀਤ ਕੌਰ, ਕੁਸ਼ਤੀ ਖਿਡਾਰੀ ਕੁਲਤਾਰ ਸਿੰਘ ਡੂੰਮਛੇੜੀ ਅਤੇ ਪੈਰਾ ਉਲੰਪਿਕ ਖਿਡਾਰੀ ਵਰਿੰਦਰ ਸਿੰਘ ਨੇ ਵੀ ਸੁਝਾਅ ਦਿੰਤੇ। 
 ਮੀਟਿੰਗ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ਼੍ਰੀ ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਸਕੱਤਰ ਖੇਡਾਂ ਸ਼੍ਰੀ ਰਾਮ ਕਮਲ ਚੌਧਰੀ, ਡਾਇਰੈਕਟਰ ਖੇਡਾਂ ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਿਨੋਦ ਵਸਿ਼ਸ਼ਟ, ਐਸ.ਪੀ. (ਹੈਡ ਕੁਆਰਟਰ) ਹਰਵੰਤ ਕੌਰ, ਸਹਾਇਕ ਕਮਿਸ਼ਨਰ (ਜ) ਅਸ਼ੋਕ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੌਹਲ, ਜਿ਼ਲ੍ਹਾ ਖੇਡ ਅਫਸਰ ਸ਼੍ਰੀ ਰਾਹੁਲਦੀਪ ਸਿੰਘ, ਆਮ ਆਦਮੀ ਪਾਰਟੀ ਦੇ ਸ਼੍ਰੀ ਰਸ਼ਪਿੰਦਰ ਰਾਜਾ, ਅਰਮਿੰਦਰ ਮੰਡੋਫਲ, ਗੁਰਵਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ  ਸਨ।

Comments

Popular posts from this blog

ਮੈਡੀਕਲ ਕੈਂਪਾਂ ਦਾ ਆਯੋਜਨ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕਰਦਾ : ਰਾਏ

ਰਾਈਸ ਮਿਲਰਜ ਐਸੋਸੀਏਸ਼ਨ ਸਰਹਿੰਦ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ