ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਹੋਵੇਗੀ ਉਮਰ ਕੈਦ : ਵਿਧਾਇਕ ਰਾਏ
ਪੰਜਾਬ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਨੂੰਨ ਬਣਾਇਆ ਗਿਆ ਹੈ, ਇਸ ਦੇ ਨਾਲ ਹੁਣ ਬੇਅਦਬੀ ਕਰਨ ਵਾਲੇ ਕਾਨੂੰਨ ਦੀ ਗਿਰਫ ਤੋ ਬਚ ਨਹੀਂ ਸਕਣਗੇ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮਾਨ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ *ਜੋ ਕਿਹਾ ਉਹ ਕਰਕੇ ਦਿਖਾਇਆ ਹੈ* *ਮੈਂ ਵਿਰੋਧੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਸ ਨੂੰ ਹੀ ਬਦਲਾਅ ਕਹਿੰਦੇ ਹਨ*।
ਪੰਜਾਬ ਦੇ ਅੰਦਰ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਗ੍ਰੰਥਾਂ ਦੀਆਂ ਬੇ ਅਦਬੀ ਦੀਆਂ ਘਟਨਾਵਾਂ ਹੁੰਦੀਆਂ ਆ ਰਹੀਆਂ ਸਨ, ਜੋ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਸਨ। ਪੰਜਾਬ ਸਰਕਾਰ ਵੱਲੋਂ ਉਕਤ ਘਟਨਾਵਾਂ ਤੇ ਰੋਕ ਲਗਾਉਣ ਦੇ ਲਈ ਸਖਤ ਕਾਨੂੰਨ ਬਣਾਇਆ ਗਿਆ ਹੈ। ਜਿਸ ਨੂੰ ਕੈਬਨਿਟ ਦੇ ਵੱਲੋਂ ਮਨਜ਼ੂਰੀ ਮਿਲ ਗਈ ਹੈ। ਉਹਨਾਂ ਕਿਹਾ ਕਿ ਇਸ ਕਾਨੂੰਨ ਦੇ ਨਾਲ ਧਾਰਮਿਕ ਗ੍ਰੰਥਾਂ ਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਹੋਵੇਗੀ। ਬੇਅਦਬੀ ਦੇ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾਣਗੀਆਂ, ਜਿਸ ਦੇ ਨਾਲ ਬੇਅਦਬੀ ਦੇ ਮਾਮਲਿਆਂ ਵਿੱਚ ਜਲਦੀ ਫੈਸਲੇ ਹੋਣਗੇ। ਇੱਥੇ ਹੀ ਬੱਸ ਨਹੀਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ।
ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਨਹਿਰੀ ਪਾਣੀ ਨੂੰ ਪਿੰਡਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਗਿਆ ਹੈ ਉੱਥੇ ਹੀ ਸਿੱਖਿਆ ਕ੍ਰਾਂਤੀ ਚਲਾ ਕੇ ਸਕੂਲਾਂ ਦੀ ਹਾਲਤ ਨੂੰ ਬਿਹਤਰ ਬਣਾਇਆ ਗਿਆ ਹੈ। ਜਿਸ ਦੀ ਬਦੌਲਤ ਸੂਬੇ ਦੇ ਸਰਕਾਰੀ ਸਕੂਲ ਭਾਰਤ ਦੇ ਵਿੱਚੋਂ ਪਹਿਲੇ ਨੰਬਰ ਤੇ ਆਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਮੁਹੱਲਾ ਕਲੀਨਿਕ ਖੋਲ ਕੇ ਸਿਹਤ ਸਹੂਲਤਾਂ ਨੂੰ ਸੁਖਾਲਾ ਕੀਤਾ ਗਿਆ ਹੈ, ਉੱਥੇ ਹੀ ਸਰਕਾਰੀ ਹਸਪਤਾਲਾਂ ਦੀ ਹਾਲਤ ਵਿੱਚ ਵੀ ਵਧੇਰੇ ਸੁਧਾਰ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਸਰਕਾਰ ਦੀਆਂ ਇਹਨਾਂ ਪ੍ਰਾਪਤੀਆਂ ਨੂੰ ਦੇਖਦਿਆਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹੁਣ ਸੂਬਾ ਰੰਗਲਾ ਸੂਬਾ ਬਣਨ ਲਈ ਅੱਗੇ ਵੱਧ ਰਿਹਾ ਹੈ।
Comments
Post a Comment