ਸ਼ਹੀਦ ਹਰਮਿੰਦਰ ਸਿੰਘ ਦਾ ਜੱਦੀ ਪਿੰਡ ਬਦੀਨਪੁਰ ਵਿਖੇ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਵਿਦਾਇਗੀ
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਗੁਰਪ੍ਰੀਤ ਸਿੰਘ ਜੀ.ਪੀ ਸਮੇਤ ਵੱਡੀ ਗਿਣਤੀ ਵਿੱਚ ਸਿਆਸੀ, ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਵੱਲੋਂ ਸ਼ਰਧਾਂਜਲੀਆਂ ਭੇਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ
ਸ਼੍ਰੀਨਗਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਾਂਬਾਜ ਸਿਪਾਹੀ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਦੀਨਪੁਰ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਸ਼ਹੀਦ ਹਰਮਿੰਦਰ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਸ਼ਹੀਦ ਨੂੰ ਫ਼ੌਜੀ ਜਵਾਨਾਂ ਦੀ ਟੁਕੜੀ ਵੱਲੋਂ ਹਥਿਆਰ ਝੁਕਾ ਕੇ ਸਲਾਮੀ ਦਿੱਤੀ ਗਈ ਜਿਸ ਤੋਂ ਬਾਅਦ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਤਰਫੋ ਉਪ ਮੰਡਲ ਮੈਜਿਸਟਰੇਟ ਅਮਲੋਹ ਚੇਤਨ ਬੰਗੜ, ਪੰਜਾਬ ਪੁਲਿਸ ਵੱਲੋਂ ਡੀ.ਐਸ.ਪੀ. ਗੁਰਦੀਪ ਸਿੰਘ ਦੇ ਨਾਲ ਨਾਲ ਸੀਨੀਅਰ ਆਪ ਆਗੂ ਗੁਰਪ੍ਰੀਤ ਸਿੰਘ ਜੀਪੀ , ਜ਼ਿਲ੍ਹਾ ਸੈਨਿਕ ਭਲਾਈ ਵਿਭਾਗ ਦੇ ਕਮਾਂਡਰ ਬਲਜਿੰਦਰ ਸਿੰਘ ਵਿਰਕ, ਭਾਰਤੀ ਫੌਜ ਦੀ 19 ਆਰਮਡ ਰੈਜੀਮੈਂਟ ਦੀ ਤਰਫੋ ਲੈਫਟੀਨੈਂਟ ਸੁਮੀਤ ਕੁਮਾਰ ਸਮੇਤ ਵੱਡੀ ਗਿਣਤੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਪ੍ਰਸ਼ਾਸਨਿਕ, ਪੁਲਿਸ ਤੇ ਫ਼ੌਜ ਦੇ ਅਧਿਕਾਰੀਆਂ ਵੱਲੋਂ ਸ਼ਹੀਦ ਦੀ ਮ੍ਰਿਤਕ ਦੇਹ ‘ਤੇ ਰੀਥ ਰੱਖਣ ਦੀ ਰਸਮ ਅਦਾ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਕਿਹਾ ਕਿ ਸ਼ਹੀਦ ਹਰਮਿੰਦਰ ਸਿੰਘ ਦੇ ਜਾਣ ਨਾਲ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਵਜੋਂ ਪ੍ਰਦਾਨ ਕੀਤੀ ਜਾਣ ਵਾਲੀ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੀ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਇਸ ਮੌਕੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਨਿਰੰਤਰ ਤਾਲਮੇਲ ਰੱਖਿਆ ਜਾਵੇਗਾ ਅਤੇ ਸਰਕਾਰ ਦੀ ਪਾਲਸੀ ਅਨੁਸਾਰ ਸ਼ਹੀਦ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਢੁਕਵੀਂ ਯਾਦਗਾਰ ਬਣਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਸ਼ਹੀਦ ਹਰਮਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਭਰਾ ਅਤੇ ਦੋ ਭੈਣਾਂ ਛੱਡ ਗਏ ਹਨ।
ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਆਪ ਪੰਜਾਬ ਟਰਾਂਸਪੋਰਟ ਸੈੱਲ ਦੇ ਵਾਈਸ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ , ਪੰਜਾਬ ਕਿਸਾਨ ਵਿੰਗ ਦੇ ਜੁਆਇੰਟ ਸਕੱਤਰ ਰਣਜੀਤ ਸਿੰਘ ਪਨਾਗ, ਚੇਅਰਮੈਨ ਮਾਰਕੀਟ ਕਮੇਟੀ ਮੰਡੀ ਗੋਬਿੰਦਗੜ ਜਗਦੀਪ ਸਿੰਘ ਚੱਠਾ, ਹਰਜੀਤ ਸਿੰਘ ਗਰੇਵਾਲ , ਸਰਪੰਚ ਬਦੀਨਪੁਰ ਜਗਮੋਹਨ ਸਿੰਘ, ਸਰਪੰਚ ਅਵਤਾਰ ਮੋਹੰਮਦ ਟੈਣੀ , ਬਲਾਕ ਪ੍ਰਧਾਨ ਜਗਦੇਵ ਸਿੰਘ , ਬਲਾਕ ਪ੍ਰਧਾਨ ਦਲਜੀਤ ਸਿੰਘ ਵਿਰਕ , ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਟੜਾ, ਜ਼ਿਲਾ ਯੂਥ ਪ੍ਰਧਾਨ ਵਿਸ਼ਾਲ ਸ਼ਰਮਾ, ਗੌਰਵ ਅੱਗਰਵਾਲ, ਅਜੇ ਲਿਬੜਾ , ਸ਼ਾਹਬਾਜ ਅਹਿਮਦ, ਵੱਡੀ ਗਿਣਤੀ ਅਧਿਕਾਰੀ ਤੇ ਫੌਜ ਦੇ ਜਵਾਨ, ਸਾਬਕਾ ਫ਼ੌਜੀ ਤੇ ਵੱਡੀ ਗਿਣਤੀ ‘ਚ ਦੂਰੋ ਨੇੜਿਓ ਪਿੰਡਾਂ ਦੇ ਨਿਵਾਸੀ ਸ਼ਹੀਦ ਹਰਮਿੰਦਰ ਸਿੰਘ ਨੂੰ ਅੰਤਿਮ ਵਿਦਾਈ ਦੇਣ ਲਈ ਪੁੱਜੇ ।
Comments
Post a Comment